ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀ ਕਿ ਇਸ ਐਕਟ ਦਾ ਮੁੱਖ ਉਦੇਸ਼ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵਰਤੇ ਜਾਂਦੇ ਚੰਗੇ ਅਮਲਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਅਜਿਹੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਜੋ ਸੂਬਾ ਪੱਧਰ ‘ਤੇ ਆਪਣੇ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨਗੇ ਜਾਂ ਕੌਮੀ ਪੱਧਰ ‘ਤੇ ਆਪਣੇ ਸੂਬੇ ਦੀ ਅਤੇ ਕੌਮਾਂਤਰੀ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਵੱਲੋਂ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਲੈਕਟ੍ਰਾਨਿਕ ਫਾਰਮੈਟ ਵਿੱਚ ਦਸਤਾਵੇਜ਼ ਅਤੇ ਖਾਤੇ ਡਾਇਰੈਕਟਰ ਖੇਡਾਂ, ਪੰਜਾਬ ਸਰਕਾਰ ਨੂੰ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਅਤੇ ਦੋ ਉੱਘੇ ਖਿਡਾਰੀ ਸਾਮਲ ਹੋਣਗੇ ਅਤੇ ਇਹ ਕਮੇਟੀ ਜ਼ਿਲ੍ਹੇ ਜਾਂ ਸੂਬੇ ਦੀ ਨੁਮਾਇੰਦਗੀ ਲਈ ਟੀਮ/ਖਿਡਾਰੀਆਂ ਦੀ ਚੋਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ/ਪ੍ਰਬੰਧਕੀ ਸਕੱਤਰ ਦੀ ਅਗਵਾਈ ਹੇਠ ਗਠਿਤ ਵਿਵਾਦ ਨਿਵਾਰਨ ਕਮੇਟੀ ਵੱਲੋਂ ਖਿਡਾਰੀਆਂ ਦੀ ਅਪੀਲ ਦਾ ਸੱਤ ਦਿਨਾਂ ਅੰਦਰ ਨਿਪਟਾਰਾ ਕੀਤਾ ਜਾਵੇਗਾ।
