ਪੁਲਿਸ ਨੇ ਮੰਗਲਵਾਰ ਸਵੇਰੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਘਰ ਦੀ ਘੇਰਾਬੰਦੀ ਕਰ ਕੇ ਉਨ੍ਹਾਂ ਦੇ ਪਿਤਾ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ। ਜਾਣਕਾਰੀ ਅਨੁਸਾਰ ਐਮਪੀ ਦੇ ਪਿਤਾ ਤਰਸੇਮ ਸਿੰਘ ਵੱਲੋਂ ਮੁਹਾਲੀ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਹੋਏ ਕੌਮੀ ਇਨਸਾਫ਼ ਮੋਰਚੇ ਵਿਚ ਜਾਣ ਦਾ ਫ਼ੈਸਲਾ ਕੀਤਾ ਗਿਆ ਸੀ।
ਇਸ ਦੇ ਮੱਦੇਨਜ਼ਰ ਅੱਜ ਸਵੇਰੇ ਹੀ ਪੁਲਿਸ ਵੱਲੋਂ ਘੇਰਾਬੰਦੀ ਕਰ ਕੇ ਉਨ੍ਹਾਂ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਇਹ ਬਹੁਤ ਵੱਡੀ ਧੱਕੇਸ਼ਾਹੀ ਹੈ। ਅਸੀਂ ਕੌਮੀ ਇਨਸਾਫ ਮੋਰਚੇ ਵਿਚ ਜਾਣ ਵਾਸਤੇ ਸੋਚ ਰਹੇ ਸੀ ਤੇ ਸਾਨੂੰ ਹੁਣੇ ਪੁਲਿਸ ਨੇ ਚਾਰੇ ਪਾਸਿਆਂ ਘੇਰਾ ਪਾ ਲਿਆ ਗਿਆ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਮੁਹਾਲੀ ਵਿਖੇ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ ਕਰਨ ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ।।
