ਲਾਲਜੀਤ ਸਿੰਘ ਭੁੱਲਰ ਨੇ JBT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

20

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ‘ਤੇ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਥੇ ਪੰਜਾਬ ਭਵਨ ਵਿਖੇ ਹੋਏ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਭੁੱਲਰ ਨੇ ਕਿਹਾ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ’ਤੇ ਪਹਿਲਾਂ ਆਰਜ਼ੀ ਨਿਯੁਕਤੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਇਨ੍ਹਾਂ ਅਸਾਮੀਆਂ ‘ਤੇ ਰੈਗੂਲਰ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ।

ਵਿਭਾਗ ਵਿੱਚ ਚੱਲ ਰਹੀਆਂ ਭਰਤੀ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਜੇਲ੍ਹ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਤਹਿਤ 738 ਵਾਰਡਨਾਂ ਅਤੇ 25 ਮੈਟਰਨਾਂ ਨੇ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਇਸ ਤੋਂ ਇਲਾਵਾ 175 ਵਾਰਡਨ ਅਤੇ 4 ਮੈਟਰਨ ਸਮੇਤ ਗਾਰਡ ਸਟਾਫ ਦੀਆਂ 179 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ।

ਵਿਭਾਗ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦੇ ਹੋਏ ਸ. ਭੁੱਲਰ ਨੇ ਦੱਸਿਆ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 1220 ਅਸਾਮੀਆਂ ਮੁੜ ਸਿਰਜੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ।

ਜੇਲ੍ਹਾਂ ਵਿੱਚ ਚੱਲ ਰਹੇ ਵਿੱਦਿਅਕ ਉਪਰਾਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਦੇ ‘ਸਿੱਖਿਆ ਡੇਟਾ ਪ੍ਰੋਜੈਕਟ’ ਤਹਿਤ ਇਸ ਵੇਲੇ 2200 ਦੇ ਕਰੀਬ ਕੈਦੀ ਵੱਖ-ਵੱਖ ਵਿੱਦਿਅਕ ਕੋਰਸ ਕਰ ਰਹੇ ਹਨ। ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਨਵਰੀ 2025 ਤੋਂ 513 ਕੈਦੀਆਂ ਨੂੰ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ਵਿੱਚ ਹੁਨਰ ਸਿਖਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਸ. ਭੁੱਲਰ ਨੇ ਕਿਹਾ ਕਿ ਸਿਰਫ 33 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਰੈਗੂਲਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਝੁਕਾਅ ਨੂੰ ਘਟਾਉਣ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਕਤਾਰਾਂ ਵਿੱਚ ਖੜ੍ਹਨ ਦੀ ਬਜਾਏ ਰੁਜ਼ਗਾਰਦਾਤਾ ਬਣਾਉਣ ਦੇ ਮੁੱਖ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਿੱਜੀ ਖੇਤਰ ਵਿੱਚ 2,65,430 ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਇਸ ਮੌਕੇ ਏ.ਡੀ.ਜੀ.ਪੀ ਜੇਲ ਸ਼੍ਰੀ ਅਰੁਣ ਪਾਲ ਸਿੰਘ, ਆਈ.ਜੀ. ਜੇਲ ਸ਼੍ਰੀ ਰੂਪ ਕੁਮਾਰ ਅਰੋੜਾ ਅਤੇ ਏ.ਆਈ.ਜੀ. ਜੇਲ੍ਹ ਸ੍ਰੀ ਰਾਜੀਵ ਅਰੋੜਾ ਵੀ ਹਾਜ਼ਰ ਸਨ।