ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ATP ਤੇ ਨਕਸ਼ਾ ਨਵੀਸ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

14

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਨੇ ਇਕ ਹੋਰ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਨੂੰ ਇਹ ਗ੍ਰਿਫ਼ਤਾਰੀ ਫਗਵਾੜਾ ਦੇ ਰਹਾਇਸ਼ੀ ਵੱਲੋਂ ਮਿਲੀ ਇਕ ਲਿਖਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਆਪਣੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਉਨ੍ਹਾਂ ਨੂੰ ਪਹਿਲਾਂ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ, ਜੋ ਬਾਅਦ ਵਿਚ ਗੱਲਬਾਤ ਕਰਕੇ 50,000 ਰੁਪਏ ‘ਤੇ ਤੈਅ ਹੋਈ।

ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਦਿਆਂ ਜਲੰਧਰ ਰੇਂਜ ਦੀ ਟੀਮ ਰਾਹੀਂ ਇੱਕ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ, ਦੋਹਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਹਾਂ ਨੂੰ ਕੱਲ੍ਹ ਨਿਆਇਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਇਸ ਕਾਰਵਾਈ ਨੂੰ ਪੰਜਾਬ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੀ ਸਥਾਪਨਾ ਵੱਲ ਇੱਕ ਹੋਰ ਮਜ਼ਬੂਤ ਕਦਮ ਵਜੋਂ ਵੇਖਿਆ ਜਾ ਰਿਹਾ ਹੈ। ਇਹ ਕਾਰਵਾਈ ਭਗਵੰਤ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ।