Weather Update: ਪੂਰੇ ਦੇਸ਼ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਪਹਾੜਾਂ ਉਤੇ ਬਰਫ਼ਬਾਰੀ ਅਤੇ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਇੱਥੋਂ ਵਗਣ ਵਾਲੀਆਂ ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ਨੂੰ ਠਾਰ ਰਹੀਆਂ ਹਨ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਕ ਤੋਂ ਬਾਅਦ ਇਕ ਪੱਛਮੀ ਗੜਬੜੀ ਬਣ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ ਵਿਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਨਾਲ-ਨਾਲ ਉੱਤਰ ਭਾਰਤ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ 4 ਜਨਵਰੀ ਤੋਂ ਮੌਸਮ ਬਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੇਸ਼ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਲਪੇਟ ‘ਚ ਹੈ। ਉੱਤਰੀ ਭਾਰਤ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਵੀਰਵਾਰ ਨੂੰ ਦਿੱਲੀ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7.6 ਤੱਕ ਡਿੱਗ ਗਿਆ। ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਨਾਲ-ਨਾਲ ਦਿੱਲੀ ਐਨਸੀਆਰ ਵਿੱਚ ਵੀ ਠੰਢ ਵਧ ਗਈ ਹੈ। ਆਉਣ ਵਾਲੇ ਹਫ਼ਤੇ ਬਹੁਤ ਮਹੱਤਵਪੂਰਨ ਹੋਣ ਜਾ ਰਹੇ ਹਨ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫਤੇ ਦੀ ਸ਼ੁਰੂਆਤ ‘ਚ ਦਿੱਲੀ-ਐੱਨਸੀਆਰ ‘ਚ ਬਾਰਿਸ਼ ਹੋ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਹਰਿਆਣਾ ਤੋਂ ਲੈ ਕੇ ਉੜੀਸਾ ਤੱਕ ਵੱਖ-ਵੱਖ ਰਾਜਾਂ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਦੇ ਨਾਲ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਦੇ ਨਾਲ ਹੀ ਪੂਰਾ ਸੂਬਾ ਸੀਤ ਲਹਿਰ ਦੀ ਲਪੇਟ ‘ਚ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਇਲਾਕੇ ਵੀ ਸੀਤ ਲਹਿਰ ਦੀ ਮਾਰ ਹੇਠ ਹਨ। ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਦੀ ਹਾਲਤ ਹੋਰ ਵੀ ਮਾੜੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਉੱਤਰ ਪ੍ਰਦੇਸ਼ ਅਤੇ ਬਿਹਾਰ ‘ਚ ਠੰਡ ਹੋਰ ਵੀ ਵਧ ਸਕਦੀ ਹੈ।
ਸਕਾਈਮੇਟ ਵੈਦਰ ਨੇ ਅਗਲੇ 24 ਘੰਟਿਆਂ ਲਈ ਮੌਸਮ ਦੀ ਸਥਿਤੀ ਦੱਸੀ ਹੈ। ਵੈੱਬਸਾਈਟ ਦੇ ਮੁਤਾਬਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਤੱਟਵਰਤੀ ਤਾਮਿਲਨਾਡੂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਉੱਤਰ-ਪੱਛਮੀ ਭਾਰਤ ਵਿੱਚ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ।
